ਮੁਹਾਲੀ, 03 ਅਕਤੂਬਰ। ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਤੇ ਹੋਰਨਾਂ ਵਲੋਂ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸ਼ਤਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਰਾਸ਼ਟਰ ਪਿਤਾ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਚਾਨਣ ਮੁਨਾਰੇ ਵਾਂਗ ਰੁਸ਼ਨਾਉਂਦੇ ਰਹਿਣਗੇ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਬਰਾਬਰੀ ਦੇ ਸਮਾਜ ਦੀ ਸਿਰਜਣਾ ਲਈ ਮਹਾਤਮਾ ਗਾਂਧੀ ਜੀ ਵੱਲੋਂ ਦਰਸਾਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫ਼ੇ ‘ਤੇ ਚੱਲਣ ਦਾ ਸੱਦਾ ਦਿੱਤਾ।
ਗੋਲਡੀ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਵਾਹਿਦ ਵਿਸ਼ਵ ਆਗੂ ਸਨ ਜਿਨ੍ਹਾਂ ਨੇ ਅਹਿੰਸਾ ਦੀ ਆਪਣੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਗਾਂਧੀ ਜੀ ਇੱਕ ਮਹਾਨ ਰਾਜਨੇਤਾ ਅਤੇ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਆਪਣੇ ਫ਼ਲਸਫ਼ੇ ਦਾ ਪ੍ਰਚਾਰ ਕਰਨ ਲਈ ਦੁਨੀਆ ਭਰ ਦੀ ਯਾਤਰਾ ਕੀਤੀ। ਲਾਲ ਬਹਾਦਰ ਸ਼ਾਸਤਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਰਾਜਨੀਤੀ ਦਾ ਇੱਕ ਅਜਿਹਾ ਚਾਨਣ ਮੁਨਾਰਾ ਦੱਸਿਆ ਜਿਸ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਮੁੱਖ ਧੁਰੇ ਵਜੋਂ ਕੰਮ ਕੀਤਾ। ਉਨ੍ਹਾਂ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਵੱਲੋਂ ਦਿੱਤਾ ਗਿਆ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਨ ਸਣੇ ਭਾਰਤ ਨੂੰ ਇੱਕ ਆਤਮ-ਨਿਰਭਰ ਅਤੇ ਸੁਰੱਖਿਅਤ ਰਾਸ਼ਟਰ ਵਜੋਂ ਅੱਗੇ ਵਧਾਉਣ ਵਿੱਚ ਮਦਦ ਕਰਦਾ ਰਹੇਗਾ।
