ਹੁਸ਼ਿਆਰਪੁਰ, 16 ਅਕਤੂਬਰ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਸਬੰਧੀ 5 ਸਤੰਬਰ 2023 ਨੂੰ ਹੋਈ ਮੀਟਿੰਗ ਵਿਚ ਵਿਚਾਰ ਕੀਤੇ ਗਏ ਪ੍ਰਸਤਾਵਾਂ ਨੂੰ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰੈਸ਼ਨੇਲਾਈਜੇਸ਼ਨ ਦੀ ਪ੍ਰਵਾਨਗੀ ਤੋਂ ਬਾਅਦ ਇਸ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿਚ ਕੁੱਲ 1563 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਕ ਪੋਲਿੰਗ ਸਟੇਸ਼ਨ ਵਿਚ ਵੋਟਰਾਂ ਦੀ ਗਿਣਤੀ ਵੱਧ ਤੋਂ ਵੱਧ 1500 ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਵੀ ਪੋਲਿੰਗ ਬੂਥ ਵਿਚ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਨਾ ਹੋਣ ਕਾਰਨ ਕੋਈ ਵੀ ਨਵਾਂ ਬੂਥ ਨਹੀਂ ਬਣਾਇਆ ਗਿਆ।
