ਹੁਸ਼ਿਆਰਪੁਰ, 06 ਨਵੰਬਰ। ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਵਿਜੀਲੈਂਸ ਜਾਗਰੂਕਤਾ ਹਫਤੇ ਦੇ ਸਬੰਧ ਵਿਚ ‘ਭ੍ਰਿਸ਼ਟਾਚਾਰ ਦਾ ਵਿਰੋਧ ਕਰੋ, ਦੇਸ਼ ਪ੍ਰਤੀ ਵਚਨਬੱਧ ਬਣੋ’ ਵਿਸ਼ੇ ਤਹਿਤ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ‘ਤੇ ਮੈਡੀਕਲ ਸਟੋਰਾਂ ‘ਤੇ ਜਾਗਰੂਕਤਾ ਪੋਸਟਰ ਲਗਾਏ ਗਏ। ਇਹ ਜਾਗਰੂਕਤਾ ਮੁਹਿੰਮ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਅਤੇ ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ ਰਾਜੇਸ਼ਵਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐਸ.ਪੀ ਮਨੀਸ਼ ਕੁਮਾਰ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਬਿਊਰੋ ਦੀ ਟੀਮ ਨੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਨੰਬਰਦਾਰ ਅਤੇ ਹੋਰ ਪਤਵੰਤਿਆਂ ਨੂੰ ਵਿਜੀਲੈਂਸ ਬਿਊਰੋ ਦੀ ਕਾਰਜਸ਼ੈਲੀ ਤੋਂ ਜਾਣੂ ਕਰਵਾਇਆ।
ਡੀ.ਐਸ.ਪੀ ਮਨੀਸ਼ ਕੁਮਾਰ ਨੇ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਨੰਬਰਦਾਰਾਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ, ਕਰਮਚਾਰੀ ਜਾਂ ਉਨ੍ਹਾਂ ਦਾ ਏਜੰਟ ਆਮ ਲੋਕਾਂ ਦੇ ਕੰਮ ਕਰਵਾਉਣ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ | ਉਨ੍ਹਾਂ ਵਿਜੀਲੈਂਸ ਬਿਊਰੋ ਦੀ ਕਾਰਜਸ਼ੈਲੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਕਿਸੇ ਵਿਅਕਤੀ ਜਾਂ ਸੰਸਥਾ ਨੂੰ ਨਿੱਜੀ ਜਾਂ ਵਿੱਤੀ ਲਾਭ ਪਹੁੰਚਾਉਂਦਾ ਹੈ ਤਾਂ ਇਹ ਸਜ਼ਾਯੋਗ ਅਪਰਾਧ ਹੈ। ਇਸ ਤੋਂ ਇਲਾਵਾ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ, ਸਰਕਾਰੀ ਫੰਡਾਂ ਵਿਚ ਕੋਈ ਘਪਲਾ ਕਰਕੇ ਜਾਂ ਚਲਾਕੀ ਨਾਲ ਭ੍ਰਿਸ਼ਟਾਚਾਰ ਕਰਕੇ, ਆਪਣੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਦੇ ਨਾਂ ‘ਤੇ ਕੋਈ ਬੇਨਾਮੀ ਜਾਇਦਾਦ ਖਰੀਦਦਾ ਹੈ ਤਾਂ ਕੋਈ ਵੀ ਵਿਅਕਤੀ ਇਸ ਸਬੰਧੀ ਵਿਜੀਲੈਂਸ ਵਿਭਾਗ ਨੂੰ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800-1800-1000, ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 95012-00200 ਅਤੇ ਵੈੱਬਸਾਈਟ www.vigilancebureau.punjab.gov.in ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿਚ ਵਿਜੀਲੈਂਸ ਬਿਊਰੋ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
