
ਹੁਸ਼ਿਆਰਪੁਰ, 17 ਅਕਤੂਬਰ (ਹਿ. ਸ.)। ਹੁਸ਼ਿਆਰਪੁਰ ਵਿਖੇ ਦੁਸਹਿਰੇ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਵਿਖੇ ਜ਼ਿਲ੍ਹੇ ਦੇ ਸਿਵਲ, ਪੁਲਿਸ ਅਧਿਕਾਰੀਆਂ ਅਤੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਵੀ ਮੌਜੂਦ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸੁਰੱਖਿਆ, ਟ੍ਰੈਫਿਕ, ਸਫ਼ਾਈ ਅਤੇ ਹੋਰ ਤਿਆਰੀਆਂ ਨੂੰ ਲੈ ਕੇ ਪੁਖਤਾ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨਿਕ ਪੱਧਰ ‘ਤੇ ਕੋਈ ਕਮੀ ਨਾ ਰਹਿ ਜਾਵੇ। ਇਸ ਦੌਰਾਨ ਉਨ੍ਹਾਂ ਬੈਰੀਕੇਡਿੰਗ, ਸੁਰੱਖਿਆ, ਸਫਾਈ, ਸਿਹਤ, ਬਿਜਲੀ, ਸਟੇਜ ਪ੍ਰਬੰਧਨ, ਮੀਡੀਆ, ਟ੍ਰੈਫਿਕ, ਪਾਰਕਿੰਗ ਆਦਿ ਹੋਰ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ।
ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਸੁਰੱਖਿਆ ਪੱਖੋਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਵਾਜਾਈ ਦੇ ਵੀ ਸੁਚਾਰੂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਸਿਵਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਤਾਂ ਜੋ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
