ਨਵਾਂਸ਼ਹਿਰ, 01 ਅਕਤੂਬਰ (ਹਿ. ਸ.)। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ਅੰਦਰ ਡੇਂਗੂ ਦੀ ਰੋਕਥਾਮ ਲਈ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਹਨ।
ਇਸੇ ਕੜੀ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਨੇ ਸ਼ੁੱਕਰਵਾਰ ਨੂੰ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹੇ ਦੇ ਉਦਯੋਗਿਕ ਖੇਤਰਾਂ ਤੇ ਇੱਟਾਂ ਦੇ ਭੱਠਿਆਂ ਵਿਚ ਡੇਂਗੂ ਮੱਛਰ ਦੀ ਬ੍ਰੀਡਿੰਗ ਚੈੱਕ ਕੀਤੀ ਅਤੇ ਉੱਥੇ ਮੌਜੂਦ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣ ਸਬੰਧੀ ਸਿਹਤ ਸਿੱਖਿਆ ਵੀ ਦਿੱਤੀ।
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ‘ਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਦੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਵਾਧੂ ਪਏ ਸਮਾਨ ਜਿਵੇਂ ਟਾਇਰਾਂ, ਟੁੱਟੇ ਘੜਿਆਂ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਜੇਕਰ ਕਿਤੇ ਪਾਣੀ ਖੜ੍ਹਾ ਵੀ ਹੈ ਤਾਂ ਉਸ ਨੂੰ ਹਫਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾਉਣਾ ਚਾਹੀਦਾ ਹੈ। ਉਨ੍ਹਾਂ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰਨ, ਸਾਰੇ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਾਉਣ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖਣ ਦੀ ਸਲਾਹ ਵੀ ਦਿੱਤੀ।
ਡਾ. ਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰਾਂ ਦੇ ਉਦਯੋਗਿਕ ਖੇਤਰਾਂ ਤੇ ਇੱਟਾਂ ਦੇ ਭੱਠਿਆਂ ਵਿਚ ਜਾ ਕੇ ਡੇਂਗੂ ਸਰਵੇ ਕੀਤਾ ਗਿਆ ਅਤੇ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ‘ਤੇ ਨਸ਼ਟ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਡੇਂਗੂ ਰੋਕਣ ਲਈ ਆਮ ਲੋਕ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ। ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਸਿਵਲ ਹਸਪਤਾਲ, ਨਵਾਂਸ਼ਹਿਰ ‘ਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਮੁਫ਼ਤ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦਾ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
