ਬਟਾਲਾ, 15 ਜਨਵਰੀ (ਹਿ. ਸ.)। ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਜਲੰਧਰ ਰੋਡ ਬਟਾਲਾ ਵਿਖੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ। ਡਾ. ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦੀ ਟੀਮ ਵਲੋ ਦੁਕਾਨਦਾਰਾਂ/ਰੇਹੜੀਆਂ ਵਲੋਂ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ੇ ਤੇ ਰੱਖੇ ਸਮਾਨ ਨੂੰ ਹਟਾਇਆ ਗਿਆ।
ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਲੋਕਾਂ ਦੀ ਆਵਾਜਾਈ ਨੂੰ ਸੁਖਾਲੀ ਰੱਖਣ ਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਕਿਸਮ ਦੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਉਨਾਂ ਸਮੂਹ ਦਕਾਨਦਾਰਾਂ/ਰੇਹੜੀ ਵਾਲਿਆਂ ਸਮੇਤ ਵਪਾਰਿਕ ਅਦਾਰਿਆਂ ਆਦਿ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਹਗੀਰਾਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਸਮਾਨ ਨੂੰ ਸੜਕ ਕਿਨਾਰੇ ਤੋਂ ਹਟਾ ਲੈਣ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਦੁਕਾਨਦਾਰ ਆਦਿ ਵਲੋਂ ਸੜਕ ਉੱਪਰ ਨਾਜਾਇਜ਼ ਕਬਜ਼ਾ ਕੀਤਾ ਗਿਆ ਤਾਂ ਉਸ ਖਿਲਾਫ਼ ਸਖ਼ਤ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ
