ਚੰਡੀਗੜ੍ਹ, 30 ਅਕਤੂਬਰ (ਹਿ. ਸ.)। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਰਾਜ ਭਵਨ ਦਰਮਿਆਨ ਦਰਾਰ ਅਜੇ ਵੀ ਬਰਕਰਾਰ ਹੈ। ਮਾਨ ਸਰਕਾਰ ਮੁੜ ਰਾਜਪਾਲ ਖਿਲਾਫ ਸੁਪਰੀਮ ਕੋਰਟ ਪਹੁੰਚ ਗਈ ਹੈ। ਪੰਜਾਬ ਸਰਕਾਰ ਨੇ ਰਾਜ ਭਵਨ ਵੱਲੋਂ 20 ਅਤੇ 21 ਅਕਤੂਬਰ ਨੂੰ ਹੋਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਤਿੰਨ ਵਿੱਤ ਬਿੱਲ ਪੇਸ਼ ਨਾ ਹੋਣ ਦੇਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਵੱਲੋਂ ਇਸ ਹਫਤੇ ਦਾਇਰ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਣਵਾਈ ਹੋ ਸਕਦੀ ਹੈ।
ਇਸ ਤੋਂ ਪਹਿਲਾਂ ਫਰਵਰੀ ‘ਚ ਪੰਜਾਬ ਸਰਕਾਰ ਨੇ ਰਾਜ ਭਵਨ ਨੂੰ ਬਜਟ ਸੈਸ਼ਨ ਬੁਲਾਉਣ ਦੀ ਇਜਾਜ਼ਤ ਨਾ ਦੇਣ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।ਪੰਜਾਬ ਸਰਕਾਰ ਨੇ 20 ਅਤੇ 21 ਅਕਤੂਬਰ ਨੂੰ ਵਿਧਾਨ ਸਭਾ ਦਾ ਦੋ-ਰੋਜ਼ਾ ਇਜਲਾਸ ਬੁਲਾਇਆ ਸੀ ਪਰ ਰਾਜਪਾਲ ਨੇ ਇਸ ਆਧਾਰ ‘ਤੇ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ ਕਿ ਬਜਟ ਸੈਸ਼ਨ ਨੂੰ ਜਾਰੀ ਰੱਖਣ ਲਈ ਅਜਿਹਾ ਕੋਈ ਸੈਸ਼ਨ ਨਹੀਂ ਬੁਲਾਇਆ ਜਾ ਸਕਦਾ। ਇਸ ਦੇ ਨਾਲ ਹੀ ਰਾਜਪਾਲ ਨੇ ਦੋ ਦਿਨਾ ਸੈਸ਼ਨ ਵਿੱਚ ਸਰਕਾਰ ਨੂੰ ਤਿੰਨ ਵਿੱਤ ਬਿੱਲ ਪੇਸ਼ ਕਰਨ ਦੀ ਵੀ ਇਜਾਜ਼ਤ ਨਹੀਂ ਦਿੱਤੀ। ਇਸ ਕਾਰਨ ਉਕਤ ਦੋ ਰੋਜ਼ਾ ਇਜਲਾਸ ਪਹਿਲੇ ਹੀ ਦਿਨ ਸਿਰਫ਼ ਤਿੰਨ ਘੰਟਿਆਂ ਵਿੱਚ ਹੀ ਅਣਮਿੱਥੇ ਸਮੇਂ ਲਈ ਮੁਲਤਵੀ ਕਰਨਾ ਪਿਆ।ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਸਦਨ ਵਿੱਚ ਐਲਾਨ ਕੀਤਾ ਸੀ ਕਿ ਉਹ ਰਾਜ ਭਵਨ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣਗੇ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
