
ਹੁਸ਼ਿਆਰਪੁਰ, 26 ਨਵੰਬਰ (ਹਿ. ਸ.)। ਹੁਸ਼ਿਆਰਪੁਰ ਵਿਖੇ ਸ਼ਨੀਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਗੁਜ਼ਰਿਆ ਅਤੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ।
ਇਸ ਦੌਰਾਨ ਜਿੱਥੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਬੱਸ ਸਟੈਂਡ ਚੌਂਕ ਵਿਖੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ, ਉੱਥੇ ਹੀ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਜੋੜਨ ਦਾ ਕੰਮ ਕੀਤਾ ਹੈ ਅਤੇ ਅੱਜ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੇ ਵਿਸ਼ਵ ਸ਼ਾਂਤੀ, ਸਮਾਜ ਵਿਚ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਹੈ। ਗੁਰੂ ਨਾਨਕ ਦੇਵ ਜੀ ਦੀ ਬਾਣੀ ਸਮਾਜ ਨੂੰ ਇਕ ਸੇਧ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਅਤੇ ਮਹਾਪੁਰਖਾਂ ਦੀਆਂ ਸਿੱਖਿਆਵਾਂ ਦੇ ਪ੍ਰਚਾਰ-ਪ੍ਰਸਾਰ ਲਈ ਵਚਨਬੱਧ ਹੈ, ਜੋ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਕ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
