ਲੁਧਿਆਣਾ, 15 ਦਸੰਬਰ (ਹਿ. ਸ.)। ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਵਾਰਡ ਨੰਬਰ 12 ਦੇ ਕਰਮਸਰ ਕਲੋਨੀ ਦੀਆਂ ਗਲੀਆਂ ਦੇ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਬਕਾ ਸਰਕਾਰਾਂ ਨੇ ਇਲਾਕਾ ਦਰ ਇਲਾਕਾ ਵਿਤਕਰਾ ਕਰਦੇ ਹੋਏ ਆਪਣੀ ਭੇਦ ਭਾਵ ਦੀ ਰਾਜਨੀਤੀ ਨੂੰ ਕਾਇਮ ਰੱਖਦੇ ਹੋਏ ਕਈ ਗਲੀਆਂ ਨੂੰ ਅੱਧ ਵਿਚਕਾਰ ਹੀ ਛੱਡ ਦਿੱਤਾ ਸੀ ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਮੰਗ ਅਨੁਸਾਰ ਇਹਨਾਂ ਗਲੀਆਂ ਦੇ ਬਣਾਉਣ ਦੇ ਕੰਮਾਂ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ ਜੋ ਜਲਦ ਹੀ ਮੁਕੰਮਲ ਕੀਤੇ ਜਾਣਗੇ ਅਤੇ ਇਨ੍ਹਾਂ ਵਿਕਾਸ ਕਾਰਜਾਂ ‘ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਲਾਕਾ ਵਾਸੀਆਂ ਨੂੰ ਵਿਕਾਸ ਸਬੰਧੀ ਜਾਂ ਕਿਸੇ ਹੋਰ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਆ ਰਹੀ ਹੈ ਤਾਂ ਉਹ ਸਿੱਧੇ ਤੌਰ ‘ਤੇ ਉਨ੍ਹਾਂ ਦੇ ਨਾਲ ਜਾਂ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕੀ ਸੂਬਾ ਵਾਸੀਆਂ ਨੂੰ ਦਵਾਈ, ਪੜ੍ਹਾਈ ਦੇ ਨਾਲ-ਨਾਲ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਜਿਸਦੇ ਤਹਿਤ ਹਲਕੇ ਅੰਦਰ ਮਿਆਰੀ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਨਵੇਂ ਸਰਕਾਰੀ ਸਕੂਲਾਂ ਦੇ ਨਾਲ-ਨਾਲ ਹਲਕੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
